= ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰ ਰਿਹਾ ਹੈ ਅਕਾਲੀ ਦਲ ਵਾਰਿਸ ਪੰਜਾਬ
ਕੁਰਾਲੀ, 28 ਅਕਤੂਬਰ ( ਰਣਜੀਤ ਸਿੰਘ ਕਾਕਾ )- ਨਸ਼ਾ ਜਾਤ, ਧਰਮ, ਕੌਮ ਅਤੇ ਮਜ਼ਹਬ ਨਹੀਂ ਵੇਖਦਾ, ਸਗੋਂ ਇਹ ਪਰਿਵਾਰਾਂ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਸੁਪਨਿਆਂ ਅਤੇ ਪੰਜਾਬ ਦੇ ਭਵਿੱਖ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ। ਇਸ ਸਮਾਜਿਕ ਅਲਾਮਤ ਵਿਰੁੱਧ ਸਿਰਫ਼ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਲਾਮਬੰਦ ਕਰਨ ਦੀ ਲੋੜ ਹੈ। ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਪੁਆਧ ਜ਼ੋਨ ਦੇ ਦਫ਼ਤਰ ਸਕੱਤਰ ਸ਼ਿਵਚਰਨ ਸਿੰਘ ਭੰਗੂ ਨੇ ਕੁਰਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੀ ਇਹ ਤਾਕਤ ਜੇਕਰ ਨਸ਼ਿਆਂ ਦੀ ਭੇਟ ਚੜ੍ਹਦੀ ਰਹੀ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਭੁਗਤਣਾ ਪਵੇਗਾ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਇੱਕ ਮੁੱਦੇ ਜਾਂ ਰਸਮੀ ਮੁਹਿੰਮ ਤੱਕ ਸੀਮਤ ਰੱਖਣ ਦੀ ਬਜਾਏ ਇਸ ਨੂੰ ਲੋਕ ਲਹਿਰ ਦਾ ਰੂਪ ਦੇਣਾ ਸਮੇਂ ਦੀ ਮੁੱਖ ਲੋੜ ਹੈ। ਭੰਗੂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਕਾਨੂੰਨ-ਵਿਵਸਥਾ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ, ਸਗੋਂ ਇਸ ਦੇ ਸਮਾਜਿਕ, ਪਰਿਵਾਰਕ ਅਤੇ ਆਰਥਿਕ ਪੱਖਾਂ ਨੂੰ ਵੀ ਗੰਭੀਰਤਾ ਨਾਲ ਸਮਝਣਾ ਪਵੇਗਾ। ਨਸ਼ਾ ਤਸਕਰੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਇਲਾਜ, ਮੁੜ ਵਸੇਬਾ ਅਤੇ ਨੌਜਵਾਨਾਂ ਲਈ ਉਸਾਰੂ ਮੌਕਿਆਂ ਦੀ ਸਿਰਜਣਾ ਵੀ ਜ਼ਰੂਰੀ ਹੈ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਵਹੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇੱਕ ਮੰਚ ’ਤੇ ਲਿਆਉਣਾ ਇਸ ਵਹੀਰ ਲਈ ਬੇਹੱਦ ਅਹਿਮ ਸੀ। ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਨੂੰ ਪਿੰਡਾਂ, ਸ਼ਹਿਰਾਂ, ਗਲੀਆਂ ਅਤੇ ਮੁਹੱਲਿਆਂ ਤੱਕ ਲਿਜਾਣ ਦੀ ਲੋੜ ਹੈ, ਤਾਂ ਜੋ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਹਰ ਪਰਿਵਾਰ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਇਸ ਦਲਦਲ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਭੰਗੂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਸਮਾਜਿਕ ਸਰੋਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਯਤਨਸ਼ੀਲ ਰਹਿਣ ਦਾ ਸੰਕਲਪ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਅਸਲ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ, ਲੋੜਵੰਦਾਂ ਦਾ ਸਹਾਰਾ ਬਣਨਾ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਮਾਜਿਕ ਹਾਲਾਤਾਂ ਵਿੱਚ ਨੌਜਵਾਨਾਂ ਨੂੰ ਸਿਰਫ਼ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦੇਣਾ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ, ਹੁਨਰ ਵਿਕਾਸ ਅਤੇ ਸਮਾਜ ਸੇਵਾ ਨਾਲ ਜੋੜਨ ਲਈ ਵੀ ਠੋਸ ਉਪਰਾਲੇ ਕਰਨੇ ਪੈਣਗੇ। ਨੌਜਵਾਨਾਂ ਨੂੰ ਨਿਰਾਸ਼ਾ ਅਤੇ ਬੇਦਿਸ਼ਾ ਹੋਣ ਤੋਂ ਬਚਾਉਣ ਲਈ ਪਰਿਵਾਰਾਂ, ਅਧਿਆਪਕਾਂ, ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸ਼ਿਵਚਰਨ ਸਿੰਘ ਭੰਗੂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਰਫ਼ ਸਿਆਸੀ ਬਹਿਸਾਂ ਜਾਂ ਦੋਸ਼ਾਂ ਤੱਕ ਸੀਮਤ ਰਹਿਣ ਦੀ ਬਜਾਏ ਹਰ ਧਿਰ ਨੂੰ ਆਪਣੇ ਪੱਧਰ ’ਤੇ ਠੋਸ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਸਵਾਲ ਪੰਜਾਬ ਦੇ ਭਵਿੱਖ ਨੂੰ ਬਚਾਉਣ ਦਾ ਸਵਾਲ ਹੈ। ਇਸ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਯਤਨਾਂ ਨੂੰ ਅੱਗੇ ਵਧਾਉਣ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਦਿਆਂ ਸਹਿਯੋਗ ਦੇਣ, ਤਾਂ ਜੋ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮਾਜਿਕ ਚੇਤਨਾ ਪੈਦਾ ਕੀਤੀ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਦੀ ਨੀਂਹ ਰੱਖੀ ਜਾ ਸਕੇ। ਇਸ ਮੌਕੇ ਜਥੇਬੰਦੀ ਦੇ ਹਲਕਾ ਖਰੜ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ ।







