ਕੁਰਾਲੀ, 9 ਜੁਲਾਈ( ਮਾਰਸ਼ਲ ਨਿਊਜ਼ )- ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਕਰਨ ਤੋਂ ਰੋਕਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਦੇਰ ਸ਼ਾਮ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁਹਾਲੀ ਇਕਾਈ ਵੱਲੋਂ ਕੁਰਾਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ ਮੁੰਧੋਂ, ਜਗਦੀਪ ਸਿੰਘ ਕੰਸਾਲਾ ਜਿਲ੍ਹਾ ਪ੍ਰਧਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਬੇਕਸੂਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਇਤਿਹਾਸਕ ਯੋਗਦਾਨ ਪਾਇਆ ਸੀ। ਉਨ੍ਹਾਂ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਕਤ ਆਗੂਆਂ ਨੇ ਕਿਹਾ ਕਿ ਫ਼ਿਲਮ ਨੂੰ ਸਿਨੇਮਾਘਰਾਂ ਤੋਂ ਬਾਅਦ ਓਟੀਟੀ ਪਲੇਟਫਾਰਮ ‘ਤੇ ਵੀ ਪ੍ਰਦਰਸ਼ਿਤ ਨਾ ਹੋਣ ਦੇਣ ਦਾ ਫ਼ੈਸਲਾ ਬਹੁਤ ਹੀ ਮੰਦਭਾਗਾ ਹੈ। ਇਸ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਧਾਰਮਿਕ ਅਤੇ ਭਾਵਨਾਤਮਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਜਿਹੇ ਮਾਮਲਿਆਂ ਵਿੱਚ ਪੱਖਪਾਤੀ ਰਵੱਈਆ ਅਪਣਾ ਰਹੀ ਹੈ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਸੱਚਾਈਆਂ ਨੂੰ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਓਟੀਟੀ ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਲੋਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਗਏ ਮਹਾਨ ਕਾਰਜਾਂ ਬਾਰੇ ਜਾਣ ਸਕਣ। ਇਸ ਰੋਸ ਪ੍ਰਦਰਸ਼ਨ ਦੌਰਾਨ ਜਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ, ਜਗਮੋਹਣ ਸਿੰਘ ਮੁੰਧੋਂ, ਤੋਂ ਇਲਾਵਾ ਪਰਮਵੀਰ ਸਿੰਘ ਸੁਖਵੀਰ ਸਿੰਘ ਭਾਗੋਮਾਜਰਾ, ਬਰਿੰਦਰ ਸਿੰਘ ਘੜੂੰਆਂ, ਜਸਪਾਲ ਸਿੰਘ ਦਾਉਂ ਮਾਜਰਾ, ਬੇਅੰਤ ਸਿੰਘ ਕੁਰਾਲੀ, ਖੁਸਬਾਜ਼, ਸੋਨੀ ਹਸਨਪੁਰ, ਇੰਦਰਜੀਤ ਸਿੰਘ, ਸੁਖਚੈਨ ਸਿੰਘ, ਚਰਨਜੀਤ ਸਿੰਘ ਦਾਉਮਾਜਰਾ, ਗੁਰਪ੍ਰੀਤ ਸਿੰਘ ਹਸਨਪੁਰ, ਅਮਨਦੀਪ ਸਿੰਘ ਪੰਚ ਦੁਸਾਰਨਾ ਅਤੇ ਭੁਪਿੰਦਰ ਸਿੰਘ ਖਰੜ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ, ਵਰਕਰ ਅਤੇ ਨੌਜਵਾਨ ਹਾਜ਼ਰ ਸਨ।








