ਕੁਰਾਲੀ 30 ਜੂਨ( ਮਾਰਸ਼ਲ ਨਿਊਜ ) ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦੋਹਰੀ ਨੀਤੀ ਨੂੰ ਲੈ ਕੇ ਕਿਹਾ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਮਿਲਣ ਅਤੇ ਸੱਚ ਬੋਲਣ ਵਾਲੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਚੋਂ ਬਾਹਰ ਕੱਢਣ ਦਾ ਫੈਸਲਾ ਆਮ ਆਦਮੀ ਪਾਰਟੀ ਅੰਦਰ ਚੱਲ ਰਹੀ ਸਿਆਸਤ ਅਤੇ ਦੋਹਰੇ ਮਿਆਰਾਂ ਦਾ ਖੁਲ੍ਹਾ ਸਬੂਤ ਹੈ।
ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੂੰ ਖੁਦ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੈਬਨਿਟ ਤੋਂ ਹਟਾਇਆ ਸੀ, ਅੱਜ ਉਸ ਨੂੰ ਕਲੀਨ ਚਿੱਟ ਮਿਲਣ ‘ਤੇ ਨਾ ਤਾਂ ਮੁੱਖ ਮੰਤਰੀ ਵੱਲੋਂ ਕੋਈ ਸਪਸ਼ਟੀਕਰਨ ਆਇਆ, ਨਾ ਹੀ ਸਰਕਾਰ ਵੱਲੋਂ ਕੋਈ ਬਿਆਨ। ਇਸ ਚੁੱਪ ਨੇ ਹੀ ਕਈ ਸਵਾਲ ਖੜੇ ਕਰ ਦਿੱਤੇ ਹਨ।
ਜੀਤੀ ਪਡਿਆਲਾ ਨੇ ਕਿਹਾ ਕਿ ਦੂਜੇ ਪਾਸੇ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਸਦਾ ਤੋਂ ਹੀ ਇਕ ਇਮਾਨਦਾਰ ਤੇ ਨਿੱਡਰ ਆਵਾਜ਼ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੇ ਸਿਰਫ਼ ਪੰਜਾਬ ਦੇ ਜਮੀਨੀ ਹਾਲਾਤਾਂ ਨੂੰ ਸੱਚਾਈ ਨਾਲ ਪੇਸ਼ ਕੀਤਾ, ਪਰ ਉਨ੍ਹਾਂ ਦੀ ਇਹ ਸਚਾਈ ਪਾਰਟੀ ਨੂੰ ਰਾਸ ਨਾ ਆਈ ਤੇ ਉਨ੍ਹਾਂ ਨੂੰ ਪਾਰਟੀ ਚੋਂ ਕੱਢ ਦਿੱਤਾ ਗਿਆ। ਇਹ ਸਾਰੀ ਕਾਰਵਾਈ ਇਹ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਵਿੱਚ ਇਮਾਨਦਾਰੀ ਦੀ ਕੋਈ ਕਦਰ ਨਹੀਂ ਰਹੀ।
ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਗੇ ਕਿਹਾ ਕਿ ਇਹ ਸਾਫ਼ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਜੰਗ ਸਿਰਫ਼ ਇਕ ਝੂਠਾ ਨਾਅਰਾ ਹੈ। ਦੋਸ਼ੀਆਂ ਨੂੰ ਕਲੀਨ ਚਿੱਟ ਮਿਲਦੀ ਹੈ, ਜਦਕਿ ਸੱਚ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ।
ਉਨ੍ਹਾਂ ਅਖੀਰ ‘ਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਇਮਾਨਦਾਰੀ, ਸਚਾਈ ਅਤੇ ਲੋਕਤੰਤਰ ਦੀ ਪੱਖਦਾਰ ਰਹੀ ਹੈ। ਅਸੀਂ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਂਦੇ ਰਹੇ ਹਾਂ ਅਤੇ ਅੱਗੇ ਵੀ ਉਠਾਉਂਦੇ ਰਹਾਂਗੇ।








