ਕੁਰਾਲੀ, 10 ਅਪ੍ਰੈਲ ( ਰਣਜੀਤ ਸਿੰਘ ਕਾਕਾ)— ਇੱਥੋਂ ਨੇੜਲੇ ਪਿੰਡ ਨਗਲੀਆਂ ਵਿਖੇ ਆਪ ਆਗੂਆਂ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ “ਸੰਵਾਦ” ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਮਿਲਣੀ ਕਰਵਾਈ ਗਈ। ਇਸ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਜਸਪ੍ਰੀਤ ਕੌਰ ਸਰਪੰਚ ਝਿੰਗੜਾ ਕਲਾਂ, ਜਗਜੀਤ ਸਿੰਘ ਬਲਾਕ ਪ੍ਰਧਾਨ ਕਾਦੀਮਾਜਰਾ ਅਤੇ ਜਗਜੀਤ ਸਿੰਘ ਨਗਲੀਆਂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਉਹਨਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਬਦਲਾਅ ਕੀਤੇ ਹਨ। ਸਰਕਾਰੀ ਸਕੂਲਾਂ ਦੀ ਮੁਰੰਮਤ, ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਦੀ ਸਥਾਪਨਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਦਮ ਚੁੱਕੇ ਗਏ ਹਨ। ਇਸ ਮੌਕੇ ਜਸਪ੍ਰੀਤ ਕੌਰ ਝਿੰਗੜਾਂ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ‘ਸੰਵਾਦ’ ਪ੍ਰੋਗਰਾਮ ਦਾ ਮੁੱਖ ਮਕਸਦ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਜੁੜ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਅਸੀਂ ਲੋਕਾਂ ਦੇ ਭਰੋਸੇ ‘ਤੇ ਖਰੇ ਉਤਰਦੇ ਹੋਏ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਸ ਮੌਕੇ ਆਪ ਆਗੂਆਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਅਨਮੋਲ ਗਗਨ ਮਾਨ ਹਲਕਾ ਵਿਧਾਇਕਾ ਦੀ ਅਗਵਾਈ ਹੇਠ ਖਰੜ ਹਲਕੇ ਦਾ ਸਮੂਹਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ।








